ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਕੈਦੀ ਦੀ ਹਾਲਤ ਵਿਗੜਨ ’ਤੇ ਉਸ ਨੂੰ ਜੇਲ੍ਹ ਹਸਪਤਾਲ ’ਚ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਜਦੋਂ ਉਸ ਦੀ ਹਾਲਤ ’ਚ ਸੁਧਾਰ ਨਾ ਹੋਇਆ ਤਾਂ ਉਸ ਨੂੰ ਰਾਤ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲੇ ਕੈਦੀ ਦਾ ਨਾਂ ਮਲਕੀਤ ਸਿੰਘ ਹੈ।
ਸੂਤਰਾਂ ਅਨੁਸਾਰ ਮਲਕੀਤ ਸਿੰਘ ਆਪਣੀ ਬੈਰਕ ਵਿੱਚ ਬੈਠਾ ਸੀ। ਅਚਾਨਕ ਉਸ ਦੇ ਨੱਕ ਵਿੱਚੋਂ ਖੂਨ ਵਹਿਣ ਲੱਗਾ। ਕੈਦੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਜੇਲ੍ਹ ਵਿੱਚ ਬਣੇ ਹਸਪਤਾਲ ਵਿੱਚੋਂ ਮਲਕੀਤ ਨੂੰ ਮੁੱਢਲੀ ਸਹਾਇਤਾ ਦਿੱਤੀ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਭੇਜਿਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮਲਕੀਤ ਦੇ ਨੱਕ ਵਿੱਚੋਂ ਖੂਨ ਵਹਿ ਰਿਹਾ ਸੀ। ਇਸ ਕਾਰਨ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।
ਜੇਲ੍ਹ ਪ੍ਰਸ਼ਾਸਨ ਨੇ ਮਲਕੀਤ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਮਲਕੀਤ ਕਿਸ ਕੇਸ ਵਿੱਚ ਜੇਲ੍ਹ ਵਿੱਚ ਹੈ, ਇਸ ਬਾਰੇ ਅਜੇ ਤੱਕ ਕਿਸੇ ਨੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ।

