ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸੂਬੇ ਭਰ ਦੇ ਹਜ਼ਾਰਾਂ ਨੌਜਵਾਨਾਂ ਨੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਮੂਲੀਅਤ ਕੀਤੀ।
ਅਰਦਾਸ ਦੌਰਾਨ ਮੁੱਖ ਮੰਤਰੀ ਨੇ ਪੀਲੀਆਂ ਪੱਗਾਂ, ਪਟਕੇ ਅਤੇ ਦੁਪੱਟੇ ਵਾਲੇ ਹਜ਼ਾਰਾਂ ਨੌਜਵਾਨਾਂ ਨਾਲ ਮਿਲ ਕੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇਸ ਪਵਿੱਤਰ ਮਿਸ਼ਨ ਲਈ ਪ੍ਰਮਾਤਮਾ ਅੱਗੇ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਇਸ ਮਿਸ਼ਨ ਦੀ ਸਫ਼ਲਤਾ ਲਈ ਅਰਦਾਸ ਕੀਤੀ ਜਿਸ ਵਿੱਚ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਚਲਾਉਣ ਦੀ ਕਲਪਨਾ ਕੀਤੀ ਗਈ ਹੈ। ਸ਼੍ਰੀ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗ੍ਰੰਥੀ ਸਿੰਘ ਬਲਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੇਠਲੇ ਪੱਧਰ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਖ਼ਤਰੇ ਦਾ ਖਾਤਮਾ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਾ ਕੇ ਨਸ਼ੇ ਦੀ ਸਪਲਾਈ ਲਾਈਨ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

