ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। BDPO ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਜੀਰਾ ਖ਼ਿਲਾਫ਼ FIR ਦਰਜ ਕੀਤੀ ਗਈ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਵਿੱਚ ਉਹ ਫ਼ਿਰੋਜ਼ਪੁਰ ਦੇ SSP ਦੀ ਨੱਕ ਹੇਠ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਬਾਰੇ ਖੁਲਾਸਾ ਕਰਨ ਜਾ ਰਹੇ ਸਨ ਅਤੇ ਕਿੱਥੇ ਰੇਤ ਦੀ ਨਾਜਾਇਜ਼ ਵਿਕਰੀ ਹੋ ਰਹੀ ਹੈ ਅਤੇ ਕਿਸ ਦੇ ਕਹਿਣ ’ਤੇ ਅਜਿਹਾ ਹੋ ਰਿਹਾ ਹੈ। ਇਸੇ ਡਰ ਕਾਰਨ ਉਸ ਨੂੰ ਸਵੇਰੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
FIR ਦਰਜ ਹੋਣ ਦੀ ਸੂਚਨਾ ਮਿਲਦਿਆਂ ਹੀ ਕੁਲਬੀਰ ਸਿੰਘ ਜੀਰਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਵੀਡੀਓ ਵੀ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ BDPO ਦਫ਼ਤਰ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜੇ ਸਨ। ਇਸੇ ਕਾਰਨ ਉਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।

