ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਵਿੱਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਏਐਸਆਈ ਵੀ ਜ਼ਖ਼ਮੀ ਹੋ ਗਿਆ। ਇਸ ਸਬੰਧੀ ਸੂਚਨਾ ਮਿਲਣ 'ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ 'ਤੇ ਪਹੁੰਚ ਗਏ ਹਨ।
ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ। ਇਸ ਵਿੱਚ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ ਅਤੇ ਸ਼ੁਭਮ ਗੋਪੀ ਵਜੋਂ ਹੋਈ ਹੈ। ਪੁਲਿਸ ਨੇ ਕਾਰੋਬਾਰੀ ਅਗਵਾ ਮਾਮਲੇ ਵਿੱਚ ਛਾਪੇਮਾਰੀ ਕੀਤੀ ਸੀ। ਇੱਥੇ ਭੱਜੇ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਮੁਤਾਬਕ ਪੁਲਿਸ ਨੇ ਵੀ ਜਵਾਬੀ ਕਾਰਵਾਈ 'ਚ ਬਦਮਾਸ਼ਾਂ 'ਤੇ ਗੋਲੀਬਾਰੀ ਕੀਤੀ।
ਇਸ ਬਾਰੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਇਹ ਗੈਂਗਸਟਰ ਕਾਰੋਬਾਰੀ ਸੰਭਵ ਜੈਨ ਦੇ ਕੇਸ ਵਿੱਚ ਲੋੜੀਂਦੇ ਸਨ। ਇਸ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸੰਜੂ ਅਤੇ ਗੋਪੀ ਦਾ ਸੀਆਈਏ ਟੀਮ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਕਰਾਸ ਫਾਇਰਿੰਗ ਵਿੱਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਏਐਸਆਈ ਨੂੰ ਵੀ ਗੋਲੀ ਲੱਗੀ। ਇਨ੍ਹਾਂ ਬਦਮਾਸ਼ਾਂ ਦਾ ਕਾਫ਼ੀ ਅਪਰਾਧਿਕ ਰਿਕਾਰਡ ਹੈ। ਦੋਵਾਂ ਦੀ ਮੌਤ ਹੋ ਚੁੱਕੀ ਹੈ ਪਰ ਇਸ ਦੀ ਪੁਸ਼ਟੀ ਮੌਕੇ 'ਤੇ ਪੁੱਜਣ ਤੋਂ ਬਾਅਦ ਕੀਤੀ ਜਾਵੇਗੀ।

