ਪੰਜਾਬ ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ASI ਬਲਦੇਵ ਸਿੰਘ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੇ ਥਾਣਾ ਲਾਧੂਕਾ ਮੰਡੀ ਵਿਖੇ ਤਾਇਨਾਤ ਹੈ। ਮੁਲਜ਼ਮ ਨੇ ਸ਼ਿਕਾਇਤ ਵਿੱਚ ਆਪਣਾ ਨਾਂ ਸ਼ਾਮਲ ਨਾ ਕਰਨ ਦੇ ਬਦਲੇ ਰਿਸ਼ਵਤ ਮੰਗੀ ਸੀ। ਇਸ ਮਾਮਲੇ ਵਿੱਚ ਮੁਲਜ਼ਮ ਏਐਸਆਈ ਪਹਿਲਾਂ ਹੀ 20 ਹਜ਼ਾਰ ਰੁਪਏ ਲੈ ਚੁੱਕਾ ਸੀ। ਵਿਜੀਲੈਂਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ASI ਨੂੰ ਪ੍ਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਲੜਾਈ-ਝਗੜੇ ਸਬੰਧੀ ਪੁਲਿਸ ਸ਼ਿਕਾਇਤ 'ਚ ਆਪਣਾ ਨਾਮ ਸ਼ਾਮਲ ਨਾ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਇਸ ਸਬੰਧੀ ਪਹਿਲਾਂ ਹੀ 20 ਹਜ਼ਾਰ ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10 ਹਜ਼ਾਰ ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਪੁਲਿਸ ਅਧਿਕਾਰੀ ਨਾਲ ਹੋਈ ਗੱਲਬਾਤ ਰਿਕਾਰਡ ਕੀਤੀ ਸੀ। ਜਿਸ ਨੂੰ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਫ਼ਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ASI ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ASI ਖ਼ਿਲਾਫ਼ ਵਿਜੀਲੈਂਸ ਥਾਣਾ ਫ਼ਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

