*ਐਮ.ਪੀ. ਬਿੱਟੂ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਨੂੰ ਤੇਜ਼ ਕਰਨ, ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਟਿਕਾਊ ਬੁਨਿਆਦੀ ਢਾਂਚਾ ਨੂੰ ਵਿਕਸਤ ਕਰਨ ਦੇ ਦਿੱਤੇ ਨਿਰਦੇਸ਼*
*ਐਮ.ਪੀ. ਬਿੱਟੂ ਨੇ ਕੀਤੀ ਨਗਰ ਨਿਗਮ ਜ਼ੋਨ ਡੀ ਦਫਤਰ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ*
ਲੁਧਿਆਣਾ, ਨਗਰ ਨਿਗਮ ਜੋਨ ਡੀ ਵਿੱਚ 7 ਨਵੰਬਰ ਨੂੰ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ ,ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ, ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸ਼ਹਿਰ ਵਿੱਚ ਟਿਕਾਊ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਦਿਸ਼ਾ ਦੀ ਮੀਟਿੰਗ ਮੰਗਲਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਨਗਰ ਨਿਗਮ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਪੀ.ਪੀ.ਸੀ.ਬੀ. ਦੇ ਚੀਫ ਇੰਜਨੀਅਰ ਪਰਦੀਪ ਗੁਪਤਾ, ਟਰੈਫਿਕ ਮਾਹਿਰ ਰਾਹੁਲ ਵਰਮਾ ਆਦਿ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਨ੍ਹਾਂ ਵਿੱਚ ਨਗਰ ਨਿਗਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.), ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਪੁਲਿਸ, ਪੀ.ਐਸ.ਪੀ.ਸੀ.ਐਲ., ਪੀ.ਡਬਲਿਊ.ਡੀ. ਆਦਿ ਸ਼ਾਮਲ ਸਨ।
ਸੰਸਦ ਮੈਂਬਰ ਬਿੱਟੂ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਿਸ ਵਿੱਚ 'ਬੁੱਢੇ ਦਰੀਆ' ਨੂੰ ਮੁੜ ਸੁਰਜੀਤ ਕਰਨ ਲਈ 650 ਕਰੋੜ ਰੁਪਏ ਦੇ ਪ੍ਰੋਜੈਕਟ, ਸਮਾਰਟ ਸਿਟੀ ਮਿਸ਼ਨ ਤਹਿਤ ਕੀਤੇ ਜਾ ਰਹੇ ਪ੍ਰੋਜੈਕਟਾਂ ਸਮੇਤ ਹੋਰ ਪ੍ਰੋਜੈਕਟ ਸ਼ਾਮਲ ਸਨ।
'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦੇ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਸਾਰੇ ਪਹਿਲੂਆਂ ਨੂੰ ਕਵਰ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਜ਼ਮੀਨੀ ਪੱਧਰ 'ਤੇ ਪ੍ਰਤੱਖ ਅਤੇ ਸਕਾਰਾਤਮਕ ਤਬਦੀਲੀਆਂ ਨੂੰ ਦੇਖਿਆ ਜਾ ਸਕੇ।
ਵਿਸ਼ੇਸ਼ ਤੌਰ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਪੜਾਅ ਵਾਰ ਮੁਕੰਮਲ ਕੀਤੇ ਜਾ ਰਹੇ ਐਲੀਵੇਟਿਡ ਰੋਡ ਪ੍ਰੋਜੈਕਟ (ਫਿਰੋਜ਼ਪੁਰ ਰੋਡ) ਦੇ ਚੱਲਦਿਆਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ, ਇਸ ਬਾਰੇ ਵੀ ਚਰਚਾ ਕੀਤੀ ਗਈ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਹਨੇਰੇ ਵਾਲੇ ਸਥਾਨਾਂ 'ਤੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਦੌਰਾਨ ਐਮ.ਪੀ. ਬਿੱਟੂ ਨੇ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਅਣਸੋਧਿਆ ਪਾਣੀ ਸੁੱਟਣ ਵਾਲੀਆਂ ਡਾਇੰਗ ਯੂਨਿਟਾਂ ਦੀ ਨਿਯਮਤ ਜਾਂਚ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ।
ਇਸ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸ਼ਹਿਰ ਵਿੱਚ ਕੂੜੇ ਦੇ ਪ੍ਰਬੰਧਨ ਵਿੱਚ ਸੁਧਾਰ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਤੋਂ ਬਾਅਦ ਐਮ.ਪੀ. ਬਿੱਟੂ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨਾਲ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਸਥਾਪਤ ਨਗਰ ਨਿਗਮ ਦੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਦੌਰਾ ਵੀ ਕੀਤਾ।
ਵੱਖ-ਵੱਖ ਵਿਭਾਗਾਂ ਦੀ ਕੁਸ਼ਲਤਾ ਵਿੱਚ ਸੁਧਾਰ ਕਰਨ ਅਤੇ ਜਨਤਾ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਉਣ ਲਈ ਤਕਨੀਕੀ ਤੌਰ 'ਤੇ ਉੱਨਤ ਆਈ.ਸੀ.ਸੀ.ਸੀ. ਦੀ ਵਰਤੋਂ ਕਿਵੇਂ ਕੀਤੀ ਜਾ ਸਕਦੀ ਹੈ, ਇਸ ਬਾਰੇ ਚਰਚਾ ਵੀ ਕੀਤੀ ਗਈ।
ਐਮ.ਪੀ. ਬਿੱਟੂ ਨੇ ਦੱਸਿਆ ਕਿ ਸ਼ਹਿਰ ਵਿੱਚ ਸ਼ੁਰੂ ਕੀਤੇ ਜਾ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਕਿਹੜੇ-ਕਿਹੜੇ ਪ੍ਰੋਜੈਕਟ ਅੱਗੇ ਲਏ ਜਾ ਸਕਦੇ ਹਨ, ਇਸ ਬਾਰੇ ਚਰਚਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ।
ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀ ਸਹੂਲਤ ਲਈ ਪ੍ਰੋਜੈਕਟਾਂ ਨੂੰ ਨਿਸ਼ਚਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ।
