ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹੀ ਜਾਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਬੁੱਧਵਾਰ ਨੂੰ ਹੋਈਆਂ ਚੋਣਾਂ 'ਚ ਉਹ ਤੀਜੀ ਵਾਰ ਪ੍ਰਧਾਨ ਚੁਣੇ ਗਏ। ਧਾਮੀ ਨੂੰ ਕੁੱਲ 101 ਵੋਟਾਂ ਮਿਲੀਆਂ। ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨ ਵਾਲੇ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਸਿਰਫ਼ 17 ਵੋਟਾਂ ਮਿਲੀਆਂ। ਘੁੰਨਸ ਨੂੰ ਸ਼੍ਰੋਮਣੀ ਅਕਾਲੀ ਦਲ (ਯੂ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਐਲਾਨਿਆ ਸੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਦੁਪਹਿਰ 1 ਵਜੇ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੀ ਵੋਟ ਪਾਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ।

