ਗੜ੍ਹਸ਼ੰਕਰ ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ 'ਚ ਆਉਣ ਨਾਲ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਓਵਰਟੇਕ ਕਰਦੇ ਸਮੇਂ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਗੜ੍ਹਸ਼ੰਕਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਜਿਸ ਵਿਚ ਮੋਟਰਸਾਈਕਲ ਸਵਾਰ ਜੋਗਿੰਦਰ ਕੁਮਾਰ ਉਰਫ਼ ਨਿੱਕੂ, ਰਮਨ ਕੁਮਾਰ ਉਰਫ਼ ਰੌਕੀ (ਦੋਵੇਂ ਸਕੇ ਭਰਾ) ਅਤੇ ਹੇਮ ਰਾਜ ਵਾਸੀ ਪੰਚਨੰਗਲਾਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਸੂਚਨਾ ਮਿਲਦੇ ਹੀ ਪੁਲਿਸ ਚੌਕੀ ਸਮੁੰਦੜਾ ਦੇ ਇੰਚਾਰਜ ASI ਸੁਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
ASI ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਪ੍ਰੇਮ ਲਾਲ ਵਾਸੀ ਚੱਬੇਵਾਲ ਮੌਕੇ ਤੋਂ ਫ਼ਰਾਰ ਹੋ ਗਿਆ। ਦੋਸ਼ੀ ਡਰਾਈਵਰ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਜਿਸ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨੋਂ ਪੰਚਨੰਗਲਾਂ ਦੇ ਰਹਿਣ ਵਾਲੇ ਸਨ ਅਤੇ ਸਵੇਰੇ ਬਲਾਚੌਰ ਜਾ ਰਹੇ ਸਨ।

