ਲੁਧਿਆਨਾ ਗੈਰ-ਕਾਨੂੰਨੀ ਉਸਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ, ਨਗਰ ਨਿਗਮ ਨੇ ਸ਼ਨੀਵਾਰ ਨੂੰ ਗਿਆਸਪੁਰਾ ਇਲਾਕੇ ਦੇ ਸੂਆ ਰੋਡ 'ਤੇ ਗੈਰ-ਕਾਨੂੰਨੀ ਢੰਗ ਨਾਲ ਬਣ ਰਹੀਆਂ ਤਿੰਨ ਉਦਯੋਗਿਕ ਇਮਾਰਤਾਂ ਨੂੰ ਢਾਹ ਦਿੱਤਾ।
ਮਾਲਕ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਏ ਬਿਨਾਂ ਹੀ ਉਸਾਰੀ ਕਰ ਰਹੇ ਸਨ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਨਾਜਾਇਜ਼ ਉਸਾਰੀਆਂ ਖਿਲਾਫ ਕਾਰਵਾਈ ਕੀਤੀ ਗਈ।
ਅਸਿਸਟੈਂਟ ਟਾਊਨ ਪਲਾਨਰ (ਏ.ਟੀ.ਪੀ.-ਜ਼ੋਨ ਸੀ) ਪਰਦੀਪ ਸਹਿਗਲ ਅਤੇ ਬਿਲਡਿੰਗ ਇੰਸਪੈਕਟਰ ਪਾਲਪਰਨੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਨੇ ਪਹਿਲਾਂ ਮਾਲਕਾਂ ਨੂੰ ਨੋਟਿਸ ਵੀ ਜਾਰੀ ਕੀਤੇ ਸਨ। ਪਰ ਫਿਰ ਵੀ ਉਹਨਾਂ ਨੇ ਬਿਲਡਿੰਗ ਪਲਾਨ ਮਨਜ਼ੂਰ ਨਹੀ ਕਰਵਾਏ ਅਤੇ ਗੈਰ-ਕਾਨੂੰਨੀ ਉਸਾਰੀਆਂ ਜਾਰੀ ਰੱਖ ਰਹੇ ਸਨ।
ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾ ਕੇ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ, ਨਹੀਂ ਤਾਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੰਦੀਪ ਰਿਸ਼ੀ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ ਨਾਜਾਇਜ਼ ਉਸਾਰੀਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
