ਲੁਧਿਆਣਾ ਦੇ ਸਾਹਨੇਵਾਲ ਵਿਖੇ ਇੱਕ ਕ੍ਰੇਟਾ ਕਾਰ ਸਵਾਰਾਂ ਨੇ ਓਵਰ ਸਪੀਡ ਨਾਕੇ 'ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਟਰੈਫਿਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਹਸਪਤਾਲ ਵਿੱਚ ਉਨ੍ਹਾਂ ਦੇ ਗੋਡੇ ਦਾ ਅਪਰੇਸ਼ਨ ਚੱਲ ਰਿਹਾ ਹੈ। ਇਸ ਦੇ ਨਾਲ ਹੀ ਰੀਡ ਦੀ ਹੱਡੀ 'ਤੇ ਵੀ ਸੱਟ ਲੱਗੀ ਹੈ। ਕਾਰ ਸਵਾਰ ਡੇਰਾ ਬਿਆਸ ਵੱਲ ਜਾ ਰਹੇ ਸਨ ਕਿ ਤੇਜ਼ ਰਫ਼ਤਾਰ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਡਰਾਈਵਰ ਕਾਰ ਭਜਾ ਕੇ ਲੈ ਗਿਆ।
ਨਿਟਕੋ ਟਰਾਂਸਪੋਰਟ ਦੇ ਸਾਹਮਣੇ ਮੁੱਖ ਜੀ.ਟੀ ਰੋਡ ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਵਾਹਨਾਂ 'ਤੇ ਸ਼ਿਕੰਜਾ ਕੱਸਣ ਲਈ ਟਰੈਫ਼ਿਕ ਪੁਲਿਸ ਮੁਲਾਜ਼ਮ ਡਿਊਟੀ 'ਤੇ ਸਨ | ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਨੂੰ ਪੁਲਿਸ ਵਾਲਿਆਂ ਨੇ ਰੁਕਣ ਦਾ ਇਸ਼ਾਰਾ ਕੀਤਾ। ਡਰਾਈਵਰ ਨੇ ਰੁਕਣ ਦੀ ਬਜਾਏ ਗੱਡੀ ਦੀ ਰਫ਼ਤਾਰ ਵਧਾ ਦਿੱਤੀ। ਇਸ ਤੋਂ ਬਾਅਦ ਉਸ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਮੌਕੇ ’ਤੇ ਤਾਇਨਾਤ ਬਾਕੀ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਗੱਡੀ ਨੂੰ ਰੋਕਿਆ। ਕਾਰ 'ਚ 4 ਲੋਕ ਮੌਜੂਦ ਸਨ।
ਇੱਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ, ਬਾਕੀ ਤਿੰਨ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕਰਦੇ ਹੋਏ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਸ਼ਿਕਾਇਤ 'ਤੇ 4 ਦੋਸ਼ੀਆਂ ਖਿਲਾਫ ਇਰਾਦਾ ਕਤਲ ਸਮੇਤ IPC ਦੀ ਧਾਰਾ 353, 333 ਅਤੇ 186 ਤਹਿਤ ਮਾਮਲਾ ਦਰਜ ਕਰ ਲਿਆ ਹੈ।

