ਲੁਧਿਆਣਾ ਸੜਕ ਦੇ ਹਿੱਸੇ 'ਤੇ ਕਬਜ਼ੇ ਕਰਨ ਵਾਲੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਨਗਰ ਨਿਗਮ ਨੇ ਸੋਮਵਾਰ ਨੂੰ ਜਮਾਲਪੁਰ ਇਲਾਕੇ 'ਚ ਤ੍ਰਿਕੋਣੀ ਪਾਰਕ ਦੇ ਨੇੜੇ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ ਅਤੇ ਅੱਧੀ ਦਰਜਨ ਨਾਜਾਇਜ਼ ਕਬਜ਼ੇ ਹਟਾਏ।
ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਮੁਹਿੰਮ ਚਲਾਈ ਗਈ।
ਇਲਾਕੇ ਵਿੱਚ ਕੀਤੇ ਗਏ ਕਬਜ਼ਿਆਂ ਕਾਰਨ ਆਵਾਜਾਈ ਵਿੱਚ ਰੁਕਾਵਟ ਪੈਦਾ ਹੋ ਰਹੀ ਹੈ ਅਤੇ ਨਗਰ ਨਿਗਮ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ।
ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ ਅਤੇ ਤਹਿਬਾਜ਼ਾਰੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ 'ਤੇ ਸ਼ਹਿਰ 'ਚ ਨਿਯਮਤ ਤੌਰ 'ਤੇ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਉਣਾ ਹੈ।
ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਚਲਾਈ ਗਈ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਦੌਰਾਨ ਅੱਧੀ ਦਰਜਨ ਕਬਜ਼ੇ ਹਟਾਏ ਗਏ।
ਨਗਰ ਨਿਗਮ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕ ਦੇ ਕਿਨਾਰਿਆਂ 'ਤੇ ਕਬਜ਼ੇ ਕਰਨ ਤੋਂ ਗੁਰੇਜ਼ ਕਰਨ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
