ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਪੰਜਾਬ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਪ੍ਰਭ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਠੱਠੀ, ਲੋਕੋਕੇ (ਅੰਮ੍ਰਿਤਸਰ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਕਾਬੂ ਕਰ ਲਿਆ ਹੈ। ਜਿਸ ਦੇ ਖਿਲਾਫ ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਐਨ.ਜੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪੁਲਿਸ ਵਲੋਂ ਬਸ਼ੀਰਪੁਰਾ ਟੀ ਪੁਆਇੰਟ 'ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇਕ ਸਿਲਵਰ ਰੰਗ ਦੀ ਮਾਰੂਤੀ ਕਾਰ ਜੋ ਕਿ ਗੁਰੂ ਨਾਨਕਪੁਰਾ ਜਲੰਧਰ ਵਲੋਂ ਆ ਰਹੀ ਸੀ, ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਕਾਰ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਏਨੀ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣ ਜਾ ਰਿਹਾ ਸੀ।

