ਪੰਜਾਬ: ਜੇਲ 'ਚ ਪੰਜਾਬ ਪੁਲਸ ਦੇ ਮੁਅੱਤਲ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਅਨੁਸਾਰ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲੈ ਕੇ ਬਲੈਕਮੇਲ ਕਰਨ ਦੇ ਦੋਸ਼ ਹੇਠ ਮੁਹਾਲੀ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਉਸ ਦੇ ਨਾਲ ਬਲਬੀਰ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ ਅਤੇ ਉਸ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਸਾਬਕਾ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਸਰਕਾਰੀ ਅਧਿਕਾਰੀਆਂ ਤੋਂ ਰਿਸ਼ਵਤ ਲੈਣ ਲਈ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਕਾਬੂ ਕੀਤਾ ਹੈ। ਇਸ ਮਾਮਲੇ ਦੀ ਪੁੱਛਗਿੱਛ ਦੌਰਾਨ ਉਸ ਨੇ ਵਿਜੀਲੈਂਸ ਦਫ਼ਤਰ ਵਿੱਚ ਕਾਫੀ ਹੰਗਾਮਾ ਮਚਾਇਆ ਹੋਇਆ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਰਿਕਾਰਡਰ ਮਿਲਿਆ ਜਿਸ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਗਿਆ। ਬਾਅਦ ਦੀ ਜਾਂਚ ਤੋਂ ਪਤਾ ਲੱਗਾ ਕਿ ਸਾਬਕਾ ਏ.ਆਈ.ਜੀ. ਅਤੇ ਉਸਦੇ ਸਾਥੀ ਵੱਖ-ਵੱਖ ਲੋਕਾਂ ਤੋਂ ਪੈਸਿਆਂ ਦੀ ਮੰਗ ਕਰਦੇ ਸਨ।

