ਪੰਜਾਬ ਕਾਂਗਰਸ 'ਚ ਕਲੇਸ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਨਵਾਂਸ਼ਹਿਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਚੱਲ ਰਹੀ ਮੀਟਿੰਗ ਦੌਰਾਨ ਕਾਂਗਰਸੀ ਵਰਕਰ ਆਪਸ ਵਿੱਚ ਭਿੜ ਗਏ। ਮਿਲੀ ਜਾਣਕਾਰੀ ਅਨੁਸਾਰ ਆਨੰਦਪੁਰ ਸਾਹਿਬ ਸੀਟ ਨੂੰ ਲੈ ਕੇ ਮੀਟਿੰਗ ਹੋਈ, ਜਿਸ ਵਿੱਚ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਮਨੀਸ਼ ਤਿਵਾੜੀ ਮੌਜੂਦ ਸਨ। ਜਦੋਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸੇ ਕਾਰਨ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕੇ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਅੱਜ ਬਲਾਚੌਰ ਚੌਧਰੀ ਪੈਲੇਸ ਵਿਖੇ ‘ਖੁੱਲ੍ਹਾ ਵਿਚਾਰ ਚਰਚਾ’ ਪ੍ਰੋਗਰਾਮ ਦੇ ਬੈਨਰ ਹੇਠ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਕੀਤੀ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਅਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਪਹੁੰਚਣਾ ਸੀ। ਦੇਵੇਂਦਰ ਯਾਦਵ ਮੌਕੇ 'ਤੇ ਪਹੁੰਚੇ ਪਰ ਰਾਜਾ ਵੜਿੰਗ ਬੀਮਾਰ ਹੋਣ ਕਾਰਨ ਨਹੀਂ ਪਹੁੰਚ ਸਕੇ। ਇਸ ਮੀਟਿੰਗ ਵਿੱਚ ਲੋਕ ਸਭਾ ਹਲਕਾ ਮੈਂਬਰ ਮਨੀਸ਼ ਤਿਵਾੜੀ, ਸਾਬਕਾ ਸਪੀਕਰ ਰਾਣਾ ਕੇ.ਪੀ., ਸਾਬਕਾ ਮੰਤਰੀ ਬਲਬੀਰ ਸਿੱਧੂ, ਪਵਨ ਦੀਵਾਨ, ਸੰਦੀਪ ਸੰਧੂ, ਚੌਧਰੀ ਦਰਸ਼ਨ ਲਾਲ ਮਸੰਜੂਪੁਰ, ਲਾਲੀ ਗੜ੍ਹਸ਼ੰਕਰ, ਅਗੰਦ ਸੈਣੀ ਅਤੇ ਹੋਰ ਆਗੂ ਹਾਜ਼ਰ ਸਨ।

