ਪੰਜਾਬ ਰੋਡਵੇਜ਼-ਪਨਬੱਸ ਦੇ ਡਰਾਈਵਰਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਰੋਡਵੇਜ਼-ਪਨਬੱਸ ਵਿੱਚ ਭਰਤੀ ਦਾ ਐਲਾਨ ਕੀਤਾ ਹੈ। ਬੀਤੇ ਦਿਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਪੰਜਾਬ ਰੋਡਵੇਜ਼-ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਸੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕਾ ਆਧਾਰਿਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕੇ ਕਰਨ ਲਈ ਸਰਕਾਰ ਵਚਨਬੱਧ ਹੈ। ਮੰਤਰੀ ਨੇ ਵਿਭਾਗ ਦੇ ਸਕੱਤਰ ਨੂੰ ਨਿਯੁਕਤੀਆਂ ਸਬੰਧੀ ਮਾਮਲਿਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਭਵਿੱਖ ਦਾ ਖਿਆਲ ਰੱਖੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਬੱਸਾਂ ਦੇ ਪਾਸਿੰਗ ਸਬੰਧੀ ਪ੍ਰਕਿਰਿਆ ਵਿੱਚ ਦੇਰੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬੱਸਾਂ ਦੀ ਤੁਰੰਤ ਰਿਪੋਰਟ ਕਰਨ ਲਈ ਕਿਹਾ ਗਿਆ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਬਾਰੇ ਵੀ ਰਿਪੋਰਟ ਦੇਣ ਲਈ ਕਿਹਾ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸਾਂ ਦੇ ਟਾਈਮ ਟੇਬਲ ਸਬੰਧੀ ਸ਼ਿਕਾਇਤਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਦੂਰ-ਦਰਾਜ ਦੇ ਖੇਤਰਾਂ ਵਿੱਚ ਨਿਯੁਕਤ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤਾਇਨਾਤ ਕਰਨ ਦੀ ਮੰਗ ’ਤੇ ਵੀ ਵਿਭਾਗ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਪਰੋਕਤ ਸਾਰੇ ਮਾਮਲੇ ਸਬ ਕੈਬਨਿਟ ਕਮੇਟੀ ਵੱਲੋਂ ਵਿਚਾਰੇ ਜਾ ਰਹੇ ਹਨ।
.jpg)
