ਪੰਜਾਬ ਦੇ ਸੀਨੀਅਰ IAS ਅਧਿਕਾਰੀ ਵਿਜੇ ਕੁਮਾਰ ਸਿੰਘ ਨੇ ਅੱਜ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੂਬੇ ਦੇ ਸਾਰੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਵਿਜੇ ਕੁਮਾਰ ਸਿੰਘ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦਾ ਜ਼ੋਰ ਲੋਕਾਂ ਨੂੰ ਸਾਫ਼-ਸੁਥਰਾ, ਕੁਸ਼ਲ, ਪ੍ਰਭਾਵੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ 'ਤੇ ਹੋਵੇਗਾ। ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿਸ਼ੇਸ਼ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੁਜ਼ਗਾਰ, ਉਦਯੋਗਿਕ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵੱਧ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੋਕਾਂ ਤੱਕ ਨਿਰਧਾਰਿਤ ਸਮੇਂ ਅੰਦਰ ਪਹੁੰਚਣਾ ਯਕੀਨੀ ਬਣਾਇਆ ਜਾਵੇ। ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਕਿ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ।
ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ 'ਤੇ ਵਧਾਈ ਦੇਣ ਆਏ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਹੋਰ ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਜਨਤਾ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

