ਪੰਜਾਬ ਡੈਸਕ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਸੂਬੇ 'ਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਮੌਸਮ ਵਿਭਾਗ ਨੇ ਲੁਧਿਆਣਾ ਸਮੇਤ ਪੰਜਾਬ 'ਚ ਕਈ ਥਾਵਾਂ 'ਤੇ ਰੈੱਡ ਅਲਰਟ ਜਾਰੀ ਕਰਕੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਲੁਧਿਆਣਾ, ਰੂਪਨਗਰ, ਬਨੂੜ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਚੰਡੀਗੜ੍ਹ ਵਿੱਚ ਰੈੱਡ ਅਲਰਟ ਜਾਰੀ ਕਰਕੇ ਲੋਕਾਂ ਨੂੰ ਠੰਢ ਤੋਂ ਬਚਣ ਲਈ ਕਿਹਾ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਠੰਢ ਪੈ ਰਹੀ ਹੈ, ਜਿਸ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਪਿਛਲੇ 2 ਹਫਤਿਆਂ ਤੋਂ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋਏ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਬਹੁਤ ਘੱਟ ਹੈ। ਇਸ ਕਾਰਨ ਪੰਜਾਬ 'ਚ ਠੰਡ ਦੀ ਤੀਬਰਤਾ ਲਗਾਤਾਰ ਵਧ ਰਹੀ ਹੈ। ਅਗਲੇ ਕੁਝ ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਠੰਡੀਆਂ ਹਵਾਵਾਂ ਨੇ ਠੰਡ ਹੋਰ ਵੀ ਵਧਾ ਦਿੱਤੀ ਹੈ। ਜਿਸ ਕਾਰਨ ਤਾਪਮਾਨ ਵੀ ਡਿੱਗ ਰਿਹਾ ਹੈ ਅਤੇ ਜਨਜੀਵਨ ਹੋਰ ਵੀ ਪ੍ਰਭਾਵਿਤ ਹੋ ਗਿਆ ਹੈ। ਰਾਤ ਨੂੰ ਠੰਢ ਹੋਰ ਵੀ ਤੇਜ਼ ਹੁੰਦੀ ਜਾ ਰਹੀ ਹੈ, ਜਿਸ ਕਾਰਨ ਲੋਕ ਘਰਾਂ ਵਿਚ ਲੁਕਣ ਲਈ ਮਜਬੂਰ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ 'ਚ ਸੀਤ ਲਹਿਰ ਜਾਰੀ ਰਹੇਗੀ।

