ਬਟਾਲਾ : ਬਟਾਲਾ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਸਕੂਟਰ ਸਵਾਰ ਨੌਜਵਾਨਾਂ ਨੇ ਭੀੜ-ਭੜੱਕੇ ਵਾਲੇ ਚੱਕਰੀ ਬਾਜ਼ਾਰ ਵਿੱਚ ਚਾਰ ਥਾਵਾਂ ’ਤੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਪੋਸਟਰ ਲਗਾ ਦਿੱਤੇ ਅਤੇ ਉਥੋਂ ਫ਼ਰਾਰ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਹਿੰਦੂ ਸੰਗਠਨਾਂ ਨੇ ਚੱਕਰੀ ਬਾਜ਼ਾਰ 'ਚ ਪੁਲਸ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਦੁਕਾਨਾਂ ਬੰਦ ਕਰਵਾ ਦਿੱਤੀਆਂ। ਇਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ।
ਦੂਜੇ ਪਾਸੇ ਜਦੋਂ ਬਟਾਲਾ ਪੁਲੀਸ ਨੂੰ ਪੋਸਟਰਾਂ ਬਾਰੇ ਪਤਾ ਲੱਗਾ ਤਾਂ ਡੀ.ਐਸ.ਪੀ ਸਿਟੀ ਲਲਿਤ ਕੁਮਾਰ ਨੇ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚ ਕੇ ਪੋਸਟਰਾਂ ਨੂੰ ਉਤਾਰ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਆਸਪਾਸ ਦੀਆਂ ਦੁਕਾਨਾਂ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸ਼ਿਵ ਸੈਨਾ ਪੰਜਾਬ ਦੇ ਮੀਤ ਪ੍ਰਧਾਨ ਰਮੇਸ਼ ਨਈਅਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਵਾਉਣ ਦੀ ਅਪੀਲ ਕੀਤੀ ਪਰ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਨ ਦਾ ਵਿਰੋਧ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਟਾਲਾ ਦੇ ਮਸ਼ਹੂਰ ਚੱਕਰੀ ਬਾਜ਼ਾਰ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਲਾਏ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਭਾਜਪਾ ਆਗੂ ਵਿਨੈ ਮਹਾਜਨ ਅਤੇ ਹਿੰਦੂ ਸੰਗਠਨਾਂ ਦੇ ਆਗੂ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੋਸਟਰ ਲਗਾਉਣ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਸ਼ਹਿਰ 'ਚ ਕੋਈ ਡਰ ਨਾ ਫੈਲੇ। ਉਨ੍ਹਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ, ਜਿਸ ’ਤੇ ਕੁਝ ਬੰਦ ਪਈਆਂ ਦੁਕਾਨਾਂ ਨੂੰ ਮੁੜ ਖੋਲ੍ਹ ਦਿੱਤਾ ਗਿਆ।

