ਜਲੰਧਰ: ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਨਤੀਜੇ ਦਿਖਾਉਣ ਲੱਗ ਪਿਆ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਚਹੇਤੇ ਭਾਨਾ ਸਿੱਧੂ ਨੂੰ 6 ਦਿਨਾਂ ਵਿੱਚ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਜਾਵੇਗਾ। ਦਰਅਸਲ ਭਾਨਾ ਸਿੱਧੂ ਖਿਲਾਫ ਦਰਜ ਹੋਏ ਕੇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। 15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਦਾ ਪਤਾ ਲੱਗਦਿਆਂ ਹੀ ਪੁਲੀਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ। ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ ਨੂੰ ਵੀ ਰਸਤੇ ਵਿੱਚ ਰੋਕ ਲਿਆ ਗਿਆ ਪਰ ਇਸ ਦੇ ਬਾਵਜੂਦ ਕਿਸਾਨ ਯੂਨੀਅਨਾਂ ਭਾਨਾ ਸਿੰਘ ਦੀ ਰਿਹਾਈ ਲਈ ਡਟੀਆਂ ਰਹੀਆਂ, ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਅਤੇ ਯੂਨੀਅਨਾਂ ਨਾਲ ਸਮਝੌਤਾ ਹੋ ਗਿਆ ਹੈ। ਹੁਣ ਭਾਣਾ ਸਿੱਧੂ 6 ਦਿਨਾਂ ਦੇ ਅੰਦਰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਹੋ ਸਕਦਾ ਹੈ।
ਦੱਸ ਦੇਈਏ ਕਿ ਭਾਨਾ ਸਿੱਧੂ ਖਿਲਾਫ ਇੱਕ ਔਰਤ ਵੱਲੋਂ ਚੇਨ ਸਨੈਚਿੰਗ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿਸ ’ਤੇ ਥਾਣਾ ਸਦਰ ਪਟਿਆਲਾ ਦੀ ਪੁਲੀਸ ਨੇ ਭਾਨਾ ਸਿੱਧੂ ਖ਼ਿਲਾਫ਼ ਧਾਰਾ 379-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤ ਦਰਜ ਕਰਕੇ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰਕੇ 2 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਭਾਨਾ ਸਿੱਧੂ ਦੇ ਸਮਰਥਨ ਵਿੱਚ ਸਾਹਮਣੇ ਆ ਗਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਭਾਨਾ ਸਿੱਧੂ ਸਮਾਜ ਸੇਵੀ ਹੈ, ਸਿੱਧੂ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਾ ਹੈ। ਸਰਕਾਰ ਨੂੰ ਭਾਣਾ ਸਿੱਧੂ ਦੀ ਮਦਦ ਕਰਨੀ ਚਾਹੀਦੀ ਹੈ ਨਾ ਕਿ ਉਸ 'ਤੇ ਝੂਠੇ ਕੇਸ ਦਰਜ ਕੀਤੇ ਜਾਣ।

