ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਇੱਕ ਬਜ਼ੁਰਗ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਵਿਜੇ ਖੰਨਾ ਵਾਸੀ ਗਲੀ ਨੰ. 3, ਗੋਪਾਲ ਨਗਰ, ਮਜੀਠਾ ਰੋਡ ਅੰਮ੍ਰਿਤਸਰ। ਜਾਣਕਾਰੀ ਅਨੁਸਾਰ ਬਜ਼ੁਰਗ ਵਿਅਕਤੀ ਘਰ ਵਿਚ ਇਕੱਲਾ ਰਹਿੰਦਾ ਸੀ ਅਤੇ ਉਸ ਦੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਪੁਲਸ ਦੀ ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਕਤਲ ਤੋਂ ਪਹਿਲਾਂ ਉਸ ਨੂੰ ਰੱਸੀ ਨਾਲ ਬੰਨ੍ਹਿਆ ਗਿਆ ਸੀ।
ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ, ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਬਜ਼ੁਰਗ ਦਾ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ ਜਾਂ ਕਿਸੇ ਪੁਰਾਣੀ ਰੰਜਿਸ਼ ਕਾਰਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ, ਬਜ਼ੁਰਗ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਕਿਸੇ ਭਾਰੀ ਚੀਜ਼ ਨਾਲ ਉਸ 'ਤੇ ਹਮਲਾ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਡੀਸੀਪੀ ਪ੍ਰਗਿਆ ਜੈਨ ਆਪਣੀ ਪੁਲੀਸ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।


