ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦਾ ਕਾਬੂ
Wednesday, February 21, 2024
0
ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸਿਟੀ ਪੁਲੀਸ ਚੌਕੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਜਿੰਦਰ ਸਿੰਘ ਵਾਸੀ ਨਵੀ ਅਬਾਦੀ, ਅੰਮ੍ਰਿਤਸਰ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨੇ ਇਸ ਸ਼ਿਕਾਇਤ ਦੀ ਮੁਢਲੀ ਪੜਤਾਲ ਉਪਰੰਤ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਉਸ ਦੇ ਕਬਜ਼ੇ 'ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Tags
Share to other apps

