ਲਹਿਰਾਗਾਗਾ : ਸਕੂਲ ਵੈਨ ਦੀ ਲਪੇਟ ਵਿੱਚ ਆਉਣ ਨਾਲ 3 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿੰਡ ਖੰਡੇਬਾਦ 'ਚ ਇਕ ਨਿੱਜੀ ਸਕੂਲ ਦੀ ਵੈਨ ਨੇ 3 ਸਾਲਾ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਮਾਂ ਗੁਰਮੀਤ ਕੌਰ ਪਤਨੀ ਧਰਮਿੰਦਰ ਸਿੰਘ ਵਾਸੀ ਪਿੰਡ ਖੰਡੇਬਾਦ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਲੜਕੀ ਸੁਖਮਨ ਜੋਤ ਕੌਰ ਪਿੰਡ ਜਲੂਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੀ ਹੈ। ਅੱਜ ਸਵੇਰੇ ਜਦੋਂ ਉਹ ਆਪਣੀ ਲੜਕੀ ਨੂੰ ਸਕੂਲ ਵੈਨ ’ਤੋਂ ਲੈਣ ਆਈ ਤਾਂ ਉਸ ਦਾ ਛੋਟਾ ਲੜਕਾ ਜਸਕੀਰਤ ਸਿੰਘ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਡਰਾਈਵਰ ਨੇ ਲਾਪਰਵਾਹੀ ਨਾਲ ਸਕੂਲ ਵੈਨ ਉਸ ਦੇ ਬੇਟੇ ਦੇ ਉੱਪਰ ਚੜ੍ਹਾ ਦਿੱਤੀ। ਮਾਸੂਮ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਸਰਕਾਰੀ ਹਸਪਤਾਲ ਲਹਿਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਮ੍ਰਿਤਕ ਬੱਚੇ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਸਕੂਲ ਵੈਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

